ਪਰਾਲੀ ਫੂਕਣ ਖ਼ਿਲਾਫ਼ ਮੁਹਿੰਮ ਨੂੰ ਤੇਜ਼ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਦੀਆਂ ਹਦਾਇਤਾਂ ਉਤੇ ਪਰਾਲੀ ਫੂਕਣ ਵਾਲੇ ਕਿਸਾਨਾਂ ਦੇ ਮਾਲੀਆ ਰਿਕਾਰਡ ਵਿੱਚ ਲਾਲ ਐਂਟਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।
ਇਹ ਖੁਲਾਸਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਿਆਲਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮੌਜੂਦਾ ਸੀਜ਼ਨ ਦੌਰਾਨ 56 ਥਾਵਾਂ ਉਤੇ ਪਰਾਲੀ ਫੂਕਣ ਦਾ ਪਤਾ ਚੱਲਿਆ, ਜਿਸ ਕਾਰਨ ਅਧਿਕਾਰੀਆਂ ਨੂੰ ਪਰਾਲੀ ਫੂਕਣ ਲਈ ਜ਼ਿੰਮੇਵਾਰ ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਲਾਲ ਐਂਟਰੀਆਂ ਕਰਨ ਦਾ ਆਦੇਸ਼ ਦਿੱਤਾ ਗਿਆ ਹੈ।
ਪਰਾਲੀ ਫੂਕਣ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਫਸਲਾਂ ਦੀ ਰਹਿੰਦ-ਖੂੰਹਦ ਦੇ ਸਹੀ ਤਰੀਕੇ ਨਾਲ ਨਿਬੇੜੇ ਲਈ ਆਧੁਨਿਕ ਖੇਤੀਬਾੜੀ ਮਸ਼ੀਨਰੀ ਸਬਸਿਡੀ ਉਤੇ ਮੁਹੱਈਆ ਕਰਵਾ ਰਹੀ ਹੈ, ਜਿਸ ਦੀ ਵਰਤੋਂ ਹੋਣੀ ਚਾਹੀਦੀ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਰੋਟਾਵੇਟਰ, ਹੈਪੀਸੀਡਰ ਅਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਵਰਗੀ ਇਸ ਮਸ਼ੀਨਰੀ ਦੀ ਵਰਤੋਂ ਦੀ ਵੀ ਜਾਂਚ ਕਰਨ।
ਨਿਗਰਾਨੀ ਢਾਂਚੇ ਨੂੰ ਮਜ਼ਬੂਤ ਕਰਨ ਉਤੇ ਜ਼ੋਰ ਦਿੰਦਿਆਂ ਸ੍ਰੀ ਦਿਆਲਨ ਨੇ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਪਰਾਲੀ ਫੂਕਣ ਵਾਲਿਆਂ ਨੂੰ ਚਲਾਨ ਕਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਹੁਣ ਤੱਕ ਸੱਤ ਚਲਾਨ ਕੀਤੇ ਗਏ ਹਨ। ਉਨ੍ਹਾਂ ਪਰਾਲੀ ਫੂਕਣ ਵਾਲੀਆਂ ਥਾਵਾਂ ਦੀ ਮੌਕੇ ਉਤੇ ਪੜਤਾਲ ਕਰਨ ਅਤੇ ਇਸ ਸਬੰਧੀ ਰਿਪੋਰਟ ਕਰਨ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਰੈਲੀਆਂ ਅਤੇ ਹੋਰ ਜਾਗਰੂਕਤਾ ਗਤੀਵਿਧੀਆਂ ਅਰੰਭੀਆਂ ਗਈਆਂ ਹਨ। ਦੂਜੇ ਪਾਸੇ ਸਰਕਾਰੀ ਅਧਿਕਾਰੀਆਂ ਤੇ ਮੁਲਾਜ਼ਮਾਂ ਤੋਂ ਵੀ ਲਿਖ ਕੇ ਲਿਆ ਗਿਆ ਹੈ ਕਿ ਉਹ ਆਪਣੇ ਖੇਤਾਂ ਵਿੱਚ ਪਰਾਲੀ ਤੇ ਹੋਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਾਉਣਗੇ ਅਤੇ ਦੂਜਿਆਂ ਨੂੰ ਇਸ ਖ਼ਿਲਾਫ਼ ਜਾਗਰੂਕ ਕਰਨਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮੱਸਿਆ ਨਾਲ ਨਜਿੱਠਣ ਲਈ ਜ਼ਿਲ੍ਹੇ ਦੇ ਪਿੰਡਾਂ ਵਿੱਚ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਹਿਕਾਰਤਾ, ਮਾਲ, ਪੇਂਡੂ ਵਿਕਾਸ ਤੇ ਪੰਚਾਇਤ, ਬਾਗਬਾਨੀ ਤੇ ਭੌਂ ਸੰਭਾਲ ਵਿਭਾਗ ਅਤੇ ਪਾਵਰਕੌਮ ਮਿਲ ਕੇ ਇਸ ਖ਼ਤਰੇ ਨਾਲ ਨਜਿੱਠਣ ਲਈ ਕੰਮ ਕਰ ਰਹੇ ਹਨ।