ਪਰਾਲੀ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਅਧਿਕਾਰੀਆਂ ਨੂੰ ਰੋਜ਼ਾਨਾ ਖੇਤਾਂ ਦਾ ਦੌਰਾ ਕਰਨ ਦੇ ਹੁਕਮ
ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ 2 ਲੱਖ ਰੁਪਏ ਦਾ ਜੁਰਮਾਨਾ ਲਾਉਣ ਲਈ ਕੰਬਾਇਨਾਂ ਦੀਆਂ ਤਸਵੀਰਾਂ ਖਿੱਚਣ ਲਈ ਕਿਹਾ
ਮੁੱਖ ਦਫਤਰ ਫੀਲਡ ਅਧਿਕਾਰੀਆਂ ਦੀਆਂ ਗਤੀਵਿਧੀਆਂ ਦੀ ਨਜ਼ਰਸਾਨੀ ਕਰੇਗਾ
ਚੰਡੀਗੜ, 1 ਨਵੰਬਰ:
ਸੂਬੇ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਲਈ ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂੰ ਨੇ ਅਗਲੇ ਇੱਕ ਹਫ਼ਤੇ ਦੌਰਾਨ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਖੇਤਾਂ ਵਿੱਚ ਪੂਰੀ ਤਰਾਂ ਸਰਗਰਮ ਅਤੇ ਚੌਕਸ ਰਹਿਣ ਦੀ ਹਦਾਇਤ ਕੀਤੀ ਹੈ।
ਸਕੱਤਰ ਨੇ ਦੱਸਿਆ ਕਿ ਸਾਰੇ ਅਧਿਕਾਰੀਅ ਦੀਆਂ ਅੱਜ ਤੋਂ ਖੇਤਾਂ ਵਿੱਚ ਚੱਲ ਰਹੀਆਂ ਗਤੀਵਿਧੀਆਂ ਦੀ ਮੁੱਖ ਦਫਤਰ ਵੱਲੋਂ ਨਜ਼ਰਸਾਨੀ ਕੀਤੀ ਜਾਵੇਗੀ।
ਇਸ ਸਬੰਧੀ ਨਿਰਦੇਸ਼ ਜਾਰੀ ਕਰਦਿਆਂ ਸਕੱਤਰ ਨੇ ਸਾਰੇ ਫੀਲਡ ਅਧਿਕਾਰੀਆਂ ਨੂੰ ਝੋਨੇ ਦੀ ਪਰਾਲੀ ਸਾੜਨ ਦੀਆਂ ਗਤੀਵਿਧੀਆਂ ਉੱਤੇ ਕਰੜੀ ਨਜ਼ਰ ਰੱਖਣ ਲਈ ਦੁਪਹਿਰ 12.30 ਵਜੇ ਤੋਂ ਬਾਅਦ ਖੇਤਾਂ ਦਾ ਦੌਰਾ ਕਰਨ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਚੌਥੇ ਦਰਜੇ ਦੇ ਕਰਮਚਾਰੀਆਂ ਨੂੰ ਛੱਡ ਕੇ ਸਾਰੇ ਅਧਿਕਾਰੀਆਂ ਨੂੰ ਖੇਤਾਂ ਦਾ ਦੌਰਾ ਕਰਕੇ ਹਾਲ ਹੀ ਵਿੱਚ ਝੋਨਾ ਵੱਢਣ ਵਾਲੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਅਤੇ ਵਾਤਾਵਰਣ ਤੇ ਮਨੁੱਖੀ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨਾ ਚਾਹੀਦਾ ਹੈ।
ਸਕੱਤਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬਿਨਾ ਐਸ.ਐਸ.ਐਮ. ਯੰਤਰ ਵਾਲੀਆਂ ਕੰਬਾਇਨਾਂ ਦੀ ਫੋਟੋ ਸਮੇਤ ਕੰਬਾਇਨਾਂ ਦਾ ਰਜਿਸਟਰੇਸ਼ਨ ਨੰਬਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਭੇਜਣ ਤਾਂ ਜੋ ਅਜਿਹੀ ਹਰੇਕ ਕੰਬਾਇਨ ‘ਤੇ 2 ਲੱਖ ਰੁਪਏ ਦਾ ਜੁਰਮਾਨਾ ਲਾਇਆ ਜਾ ਸਕੇ। ਉਨਾਂ ਅਧਿਕਾਰੀਆਂ ਨੂੰ ਖੇਤਾਂ ਵਿੱਚ ਅੱਗ ਲਾਉਣ ਵਾਲਿਆਂ ਵਿਰੁੱਧ ਕਾਨੂੰਨ ਮੁਤਾਬਿਕ ਕਾਰਵਾਈ ਕਰਨ ਵਾਲੀਆਂ ਦੂਜੀਆਂ ਟੀਮਾਂ ਨਾਲ ਮਿਲ ਕੇ ਕੰਮ ਕਰਨ ਲਈ ਵੀ ਕਿਹਾ।

LEAVE A REPLY

Please enter your comment!
Please enter your name here