ਚੰਡੀਗੜ 29 ਜੂਨ(ਮਾਰਸ਼ਲ ਨਿਊਜ਼) ਮੰਤਰੀ ਮੰਡਲ ਵਿੱਚ ਫੇਰਬਦਲ ਦੀ ਸੰਭਾਵਨਾ ਨੂੰ ਰੱਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ-19 ਦੇ ਔਖੇ ਸਮਿਆਂ ਵਿੱਚ ਉਨ੍ਹਾਂ ਦੇ ਮੰਤਰੀ ਖਾਸ ਕਰਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਚੰਗਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਰੋਨਾਵਾਇਰਸ ਦੇ ਇਸ ਔਖੇ ਪੜਾਅ ‘ਤੇ ਫੇਰਬਦਲ ਦੀ ਕੋਈ ਲੋੜ ਨਹੀਂ ਜਾਪਦੀ ਕਿਉਂਕਿ ਇਸ ਮਹਾਂਮਾਰੀ ਖਿਲਾਫ ਜੰਗ ਜਿੱਤਣਾ ਉਨ੍ਹਾਂ ਦੀ ਸਭ ਤੋਂ ਵੱਧ ਤਰਜੀਹ ਹੈ ਅਤੇ ਜੇਕਰ ਫੇਰਬਦਲ ਦੀ ਲੋੜ ਹੋਈ ਤਾਂ ਇਸ ਨੂੰ ਬਾਅਦ ਵਿੱਚ ਵਿਚਾਰਿਆ ਜਾਵੇਗਾ।
ਇਹ ਪੁੱਛੇ ਜਾਣ ‘ਤੇ ਕਿ ਕੀ ਨਵਜੋਤ ਸਿੰਘ ਸਿੱਧੂ ਨੂੰ ਕੋਈ ਨਵੀਂ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ ਤਾਂ ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਨੂੰ ਸੂਬੇ ਜਾਂ ਕੇਂਦਰ ਵਿੱਚ ਕੋਈ ਜ਼ਿੰਮੇਵਾਰੀ ਦੇਣ ਦਾ ਅੰਤਿਮ ਫੈਸਲਾ ਪਾਰਟੀ ਹਾਈ ਕਮਾਂਡ ਵੱਲੋਂ ਲਿਆ ਜਾਣਾ ਹੈ।
ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਪੇਸ਼ਕਸ਼ ਕਰਨ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਇਸ ਬਾਰੇ ਕੋਈ ਇਤਰਾਜ਼ ਨਹੀਂ ਪਰ ਅੰਤਿਮ ਫੈਸਲਾ ਭਾਰਤ ਸਰਕਾਰ ਵੱਲੋਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਵੱਲੋਂ ਇਸ ਸਬੰਧੀ ਪੰਜਾਬ ਸਰਕਾਰ ਪਾਸੋਂ ਕੋਈ ਸਲਾਹ ਮੰਗੀ ਜਾਂਦੀ ਹੈ ਤਾਂ ਉਹ ਯਕੀਨੀ ਤੌਰ ‘ਤੇ ਕੋਵਿਡ-19 ਦਰਮਿਆਨ ਸਿਹਤ ਸੁਰੱਖਿਆ ਉਪਾਵਾਂ ਅਤੇ ਸਮਾਜਿਕ ਦੂਰੀ ਦੀ ਸਖਤੀ ਨਾਲ ਪਾਲਣਾ ਨਾਲ ਲਾਂਘਾ ਖੋਲ੍ਹਣ ਲਈ ਕਹਿਣਗੇ।
ਰਾਜ ਸਭਾ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ ਅਤੇ ਸਮਸ਼ੇਰ ਸਿੰਘ ਦੂਲੋਂ ਦੁਆਰਾ ਉਨ੍ਹਾਂ ਦੀ ਸਰਕਾਰ ਦੀ ਕਾਰਗੁਜ਼ਾਰੀ ਨਾਲ ਸਬੰਧਤ ਬਿਆਨਾਂ ਬਾਰੇ ਟਿੱਪਣੀ ਕਰਨ ਲਈ ਪੁੱਛੇ ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਨਿਰਾਅਧਾਰ ਬਿਆਨ ਦੇਣ ਦੀ ਥਾਂ ਉਨ੍ਹਾਂ ਨੂੰ ਆਪਣੇ ਕੰਮ ‘ਤੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੇ ਹੱਕ ਵਿੱਚ ਸਪੱਸ਼ਟ ਫੈਸਲਾ ਦਿੱਤਾ ਹੈ ਜੋ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਪ੍ਰਤੀ ਲੋਕਾਂ ਦੇ ਭਰੋਸੇ ਤੇ ਵਿਸ਼ਵਾਸ ਦਾ ਸਬੂਤ ਹੈ।
ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਦੀ ਪਾਰਟੀ ਵੱਲੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੇ ਮੁੱਦੇ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਦੀ ਸਮੀਖਿਆ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਮੰਤਰੀ ਮੰਡਲ ਦੀ ਪਹਿਲੀ ਹੀ ਮੀਟਿੰਗ ਵਿੱਚ 50 ਅਜਿਹੇ ਚੋਣ ਵਾਅਦੇ ਪੂਰੇ ਕਰ ਦਿੱਤੇ ਸਨ ਜਿਨ੍ਹਾਂ ਦਾ ਕੋਈ ਵਿੱਤੀ ਬੋਝ ਨਹੀਂ ਸੀ। ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੇ ਵਾਅਦੇ ਹੂਬਹੂ ਲਾਗੂ ਕੀਤੇ ਜਾਣਗੇ।
ਸਮਾਰਟ ਫੋਨ ਵੰਡਣ ਦੇ ਇਕ ਵੱਡੇ ਚੋਣ ਵਾਅਦੇ ਬਾਰੇ ਪੁੱਛੇ ਜਾਣ ‘ਤੇ ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਪੰਜਾਬ ਸਰਕਾਰ ਨੂੰ ਪਹਿਲਾਂ ਹੀ ਮੋਬਾਈਲ ਕੰਪਨੀ ਲਾਵਾ ਨੂੰ ਆਰਡਰ ਦਿੱਤਾ ਹੋਇਆ ਜਿਸ ਨੇ ਸਾਨੂੰ ਇਹ ਦੱਸਿਆ ਕਿ 50,000 ਮੋਬਾਈਲ ਤਿਆਰ ਹਨ ਅਤੇ ਬਾਕੀਆਂ ਦੀ ਸਪਲਾਈ ਜੁਲਾਈ ਵਿੱਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਲਾਵਾ ਇਕ ਭਾਰਤੀ ਕੰਪਨੀ ਹੈ ਪਰ ਫਿਰ ਵੀ ਅੰਤਿਮ ਫੈਸਲਾ ਇਸ ਕੰਪਨੀ ਵਿੱਚ ਚੀਨ ਦੀ ਸ਼ਮੂਲੀਅਤ ਅਤੇ ਭਾਰਤੀ ਅਤੇ ਚੀਨ ਦੀ ਹਿੱਸੇਦਾਰੀ ਦਾ ਪਤਾ ਲਾਉਣ ਤੋਂ ਬਾਅਦ ਲਿਆ ਜਾਵੇਗਾ