ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਤਹਿਗੜ੍ਹ ਸਾਹਿਬ
ਸਿਵਲ ਹਸਪਤਾਲ, ਫਤਹਿਗੜ੍ਹ ਸਾਹਿਬ ਵਿਖੇ ਬਣਾਇਆ ਫਲੂ ਕਾਰਨਰ
ਕੋਰੋਨਾ ਵਾਇਰਸ ਸਬੰਧੀ ਅਫਵਾਹਾਂ ਤੋਂ ਸੁਚੇਤ ਹੋ ਕੇ ” ਘਰਾਂ ਵਿੱਚ ਰਹੋ ਸੁਰੱਖਿਅਤ ਰਹੋ ” ਦੀ ਪਾਲਣਾ ਜਰੂਰੀ
ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ :
ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਸਵੇਰੇ 9:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਸਿਵਲ ਹਸਪਤਾਲ ਵਿਖੇ ਬੁਖਾਰ, ਖੰਘ ਅਤੇ ਜ਼ੁਕਾਮ ਆਦਿ ਫਲੂ ਦੇ ਮਰੀਜਾਂ ਦੀ ਜਾਂਚ ਕਰਨ ਲਈ ਇੱਕ ਵਿਸ਼ੇਸ਼ ਫਲੂ ਕਾਰਨਰ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਸਿਹਤ ਵਿਭਾਗ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ 24 ਘੰਟੇ ਆਪਣੀਆਂ ਸੇਵਾਵਾਂ ਦੇ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਮੌਸਮ ਦੀ ਤਬਦੀਲੀ ਕਾਰਨ ਵੀ ਕਿਸੇ ਵਿਅਕਤੀ ਨੂੰ ਖੰਘ, ਜ਼ੁਕਾਮ ਜਾਂ ਬੁਖਾਰ ਹੋ ਸਕਦਾ ਹੈ ਅਜਿਹੇ ਮਰੀਜਾਂ ਨੂੰ ਇਲਾਜ ਵਿੱਚ ਕੋਈ ਪ੍ਰੇਸ਼ਾਨੀ ਨਾ ਆਵੇ ਇਸ ਲਈ ਇਹ ਫਲੂ ਕਾਰਨਰ ਸਥਾਪਤ ਕੀਤਾ ਗਿਆ ਹੈ ਅਤੇ ਸਟਾਫ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਕਾਰਨਰ ਵਿੱਚ ਮਰੀਜ਼ਾਂ ਨੂੰ ਕਿਸੇ ਵੀ ਪਰਚੀ ਦੀ ਲੋੜ ਨਹੀਂ ਹੈ।
ਇਸ ਮੌਕੇ ਮੈਡੀਕਲ ਅਫਸਰ ਡਾ. ਬਿਧੀ ਚੰਦ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਖੰਘ ਜਾਂ ਜ਼ੁਕਾਮ ਦੀ ਸ਼ਿਕਾਇਤ ਮੌਸਮ ਬਦਲਣ ਕਾਰਨ ਵੀ ਹੋ ਸਕਦੀ ਹੈ ਜਿਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਸਬੰਧੀ ਅਫਵਾਹਾਂ ਤੋਂ ਬਚਣਾ ਚਾਹੀਦਾ ਹੈ ਅਤੇ ਆਪਣੇ ਘਰਾਂ ਵਿੱਚ ਸੁਰੱਖਿਅਤ ਰਹੋ ਤਾਂ ਕਿ ਕੋਰੋਨਾ ਵਾਇਰਸ ਦੀ ਮਾਰੂ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਕੋਰੋਨਾ ਵਾਇਰਸ ਤੋਂ ਬਚਣ ਲਈ ” ਘਰਾਂ ਵਿੱਚ ਰਹੋ, ਸੁਰੱਖਿਅਤ ਰਹੋ ‘ ਦੀ ਪਾਲਣਾ ਜ਼ਰੂਰੀ ਹੈ।