ਐਸ.ਏ.ਐਸ. ਨਗਰ, 8 ਜਨਵਰੀ (ਮਾਰਸ਼ਲ ਨਿਊਜ਼) :
ਰੀਜਨਲ ਟਰਾਂਸਪੋਰਟ ਅਥਾਰਟੀ, ਮੁਹਾਲੀ ਦੇ ਸਕੱਤਰ ਸ੍ਰੀ ਸੁਖਵਿੰਦਰ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਏ.) ਰਣਪ੍ਰੀਤ ਸਿੰਘ ਭਿਉਰਾ ਅਤੇ ਟਰੈਫਿਕ ਐਜੂਕੇਸ਼ਨ ਸੈੱਲ ਦੇ ਜਨਕ ਰਾਜ ਨੇ ਲਾਂਡਰਾਂ ਰੋਡ ਭਾਗੋਮਾਜਰਾ ਵਿਖੇ ਹਾਈ ਸਕਿਉਰਿਟੀ ਨੰਬਰ ਪਲੇਟਾਂ ਦੇ ਦਫਤਰ ਵਿਖੇ ਵਾਹਨਾਂ ’ਤੇ ਨੰਬਰ ਪਲੇਟਾਂ ਲਵਾਉਣ ਆਏ ਵਿਅਕਤੀਆਂ ਅਤੇ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ।
ਇਸ ਮੌਕੇ ਸ੍ਰੀ ਭਿਉਰਾ ਤੇ ਸ੍ਰੀ ਜਨਕ ਰਾਜ ਨੇ ਦੱਸਿਆ ਕਿ ਲੋਕਾਂ ਨੂੰ ਪ੍ਰਦੂਸ਼ਣ, ਨਸ਼ਿਆਂ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਵੀ ਦੱਸਿਆ ਗਿਆ ਅਤੇ ਓਵਰ ਸਪੀਡ ਨਾ ਚੱਲਣ ਅਤੇ ਓਵਰ ਸਪੀਡ ਨਾਲ ਵਧ ਰਹੇ ਹਾਦਸਿਆਂ ਅਤੇ ਇਨਾਂ ਦੀ ਰੋਕਥਾਮ ਬਾਰੇ ਦੱਸਿਆ ਗਿਆ। ਇਸ ਦੌਰਾਨ ਵਾਹਨਾਂ ਉਤੇ ਰਿਫਲੈਕਟਰ ਟੇਪ ਲਾਈ ਗਈ ਤਾਂ ਕਿ ਧੁੰਦ ਤੇ ਹਨੇਰੇ ਕਾਰਨ ਕੋਈ ਹਾਦਸਾ ਨਾ ਵਾਪਰੇ।
ਸ੍ਰੀ ਜਨਕ ਰਾਜ ਨੇ ਲੋਕਾਂ ਨੂੰ ਜਾਗਰੂਕ ਕੀਤਾ ਕਿ ਘੱਟ ਉਮਰ ਦੇ ਬੱਚਿਆਂ ਨੂੰ ਕੋਈ ਵਾਹਨ ਨਾ ਚਲਾਉਣ ਦਿੱਤਾ ਜਾਵੇ ਕਿਉਂਕਿ ਇਸ ਨਾਲ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨਾਂ ਲੋਕਾਂ ਨੂੰ ਧੁੰਦ ਦੇ ਦਿਨਾਂ ਵਿੱਚ ਹੋਣ ਵਾਲੇ ਹਾਦਸਿਆਂ ਨੂੰ ਠੱਲ ਪਾਉਣ ਲਈ ਕਮਰਸ਼ੀਅਲ ਵਾਹਨਾਂ ’ਤੇ ਰਿਫਲੈਕਟਡ ਟੇਪ ਅਤੇ ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨਾਂ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਵਾਤਾਵਰਣ ਨੂੰ ਬਚਾਇਆ ਜਾ ਸਕੇ। ਇਸ ਦੇ ਨਾਲ ਵਧ ਰਹੇ ਨਸ਼ਿਆਂ ਨੂੰ ਠੱਲ ਪਾਉਣ ਦੀ ਅਪੀਲ ਕੀਤੀ ਗਈ ਤਾਂ ਜੋ ਆਉਣ ਵਾਲੀ ਪੀੜੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ। ਇਸ ਮੌਕੇ ਸਿਪਾਹੀ ਹਰਜੀਤ ਕੌਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here