ਚੰਡੀਗੜ 29ਜੂਨ(ਮਾਰਸ਼ਲ ਨਿਊਜ਼) ਖਾਲਿਸਤਾਨ ਦੇ ਮੁੱਦੇ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਬਾਰੇ ਆਪਣੀ ਪ੍ਰਤੀਰਿਆ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਖਾਲਿਸਤਾਨ ਨਹੀਂ ਚਾਹੁੰਦਾ ਇਥੋਂ ਤੱਕ ਕਿ ਉਹ (ਮੁੱਖ ਮੰਤਰੀ) ਵੀ ਨਹੀਂ ਚਾਹੁੰਦੇ। ਉਨ੍ਹਾਂ ਸਵਾਲ ਕੀਤਾ ਕਿ ਕੋਈ ਵੀ ਸਿੱਖ, ਜੋ ਮੁਲਕ ਵਿਚ ਕਿਤੇ ਵੀ ਆਪਣਾ ਕਾਰੋਬਾਰ ਕਰ ਰਹੇ ਹੋਣ ਅਤੇ ਖੁਸ਼ਹਾਲ ਜੀਵਨ ਬਤੀਤ ਕਰ ਰਿਹਾ ਹੈ ਤਾਂ ਉਹ ਖਾਲਿਸਤਾਨ ਦੀ ਮੰਗ ਕਿਉਂ ਕਰੇਗਾ। ਉਨ੍ਹਾਂ ਕਿਹਾ ਕਿ ਸਿੱਖਜ਼ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਵਰਗੇ ਲੋਕ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾ ਕੇ ਪੈਸਾ ਕਮਾਉਣ ਵਿੱਚ ਲੱਗੇ ਹੋਏ ਹਨ ਜੋ ਕਿ ਬਹੁਤ ਮੰਦਭਾਗਾ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਨੂੰ ਦਾ ਅਮਰੀਕਾ ਅਤੇ ਪੰਜਾਬ ਅੰਦਰ ਕਦੇ ਵੀ ਕੋਈ ਆਧਾਰ ਨਹੀ ਰਿਹਾ ਜਿਸਦੀ ਮਿਸਾਲ ਰਿਫਰੈਂਡਮ 2020 ਨੂੰ ਹੁੰਗਾਰਾ ਨਾ ਮਿਲਣ ਕਰਕੇ ਇਸ ਨੂੰ ਅੱਗੇ ਪਾਉਣ ਤੋਂ ਮਿਲਦੀ ਹੈ।
ਵਿਨੀ ਮਹਾਜਨ ਦੀ ਮੁੱਖ ਸਕੱਤਰ ਵਜੋਂ ਨਿਯੁਕਤੀ ਬਾਰੇ ਸਵਾਲ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਕਾਬਲੀਅਤ, ਯੋਗਤਾ ਅਤੇ ਸੂਬੇ ਤੇ ਕੇਂਦਰ ਦੇ ਪ੍ਰਸ਼ਾਸਨ ਵਿੱਚ ਵਿਸ਼ਾਲ ਤਜਰਬਾ ਅਤੇ ਮੁਹਾਰਤ ਤੋਂ ਇਲਾਵਾ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਦੇ ਪ੍ਰਭਾਵੀ ਅਮਲ ਵਾਸਤੇ ਲੰਮੇ ਸਮੇਂ ਲਈ ਇਸ ਅਹੁਦੇ ਦੀ ਨਿਰੰਤਰਤਾ ਨੂੰ ਕਾਇਮ ਰੱਖਣ ਨੂੰ ਨਿਰੋਲ ਆਧਾਰ ਮੰਨਦੇ ਹੋਏ ਨਿਯੁਕਤੀ ਕੀਤੀ ਗਈ ਹੈ।
ਨਵ-ਨਿਯੁਕਤ ਮੁੱਖ ਸਕੱਤਰ ਦੇ ਪਤੀ ਡੀ.ਜੀ.ਪੀ. ਦਿਨਕਰ ਗੁਪਤਾ ਜੋ ਡੀ.ਜੀ.ਪੀ ਵਜੋਂ ਕੇਂਦਰ ਵਿੱਚ ਇੰਪੈਨਲਡ ਹੋ ਚੁੱਕੇ ਹਨ, ਦੇ ਕੇਂਦਰੀ ਡੈਪੂਟੇਸ਼ਨ ‘ਤੇ ਜਾਣ ਬਾਰੇ ਇਕ ਹੋਰ ਸਵਾਲ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਪਤਾ ਪੰਜਾਬ ਵਿੱਚ ਹੀ ਰਹਿਣਗੇ ਕਿਉਂ ਜੋ ਉਨ੍ਹਾਂ ਨੇ 2500 ਗੈਂਗਸਟਰਾਂ ਨੂੰ ਪ੍ਰਭਾਵਹੀਣ ਕਰਨ ਤੋਂ ਇਲਾਵਾ ਵੱਖ-ਵੱਖ ਅਤਿਵਾਦੀ ਗਰੋਹਾਂ ਨੂੰ ਕਾਬੂ ਕਰਨ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਨਿਭਾਈ ਹੈ।
ਮਾਫੀਆ-ਰਾਜ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਾਫ ਸ਼ਬਦਾਂ ‘ਚ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੋਵੇਂ ਸ਼ਰਾਬ ਅਤੇ ਰੇਤ ਦੀ ਗੈਰ-ਕਾਨੂੰਨੀ ਵੇਚ ਨੂੰ ਰੋਕਣ ਲਈ ਪੂਰੀ ਮੁਸ਼ਤੈਦੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਵਿਸ਼ੇਸ਼ ਰੂਪ ਵਿੱਚ ਕਿਹਾ ਕਿ ਕੇਬਲ ਅਤੇ ਟਰਾਂਸਪੋਰਟ ‘ਚ ਅਜ਼ਾਰੇਦਾਰੀ ਨੂੰ ਖਤਮ ਕਰਨ ਲਈ ਜੇਕਰ ਕੋਈ ਇਨ੍ਹਾਂ ਦੋਵਾਂ ਖੇਤਰਾਂ ਵਿੱਚ ਨਵਾਂ ਵਪਾਰ ਸ਼ੁਰੂ ਕਰਨਾ ਚਾਹੁੰਦਾ ਹੈ ਤਾਂ ਉਸਦਾ ਦਾ ਸਵਾਗਤ ਹੈ ਪਰ ਉਹ ਕਿਸੇ ਵੀ ਚੱਲ ਰਹੇ ਕਾਰੋਬਾਰ ਨੂੰ ਬੰਦ ਕਰਨ ਲਈ ਮਜਬੂਰ ਨਹੀਂ ਕਰ ਸਕਦੇ। ਉਨ੍ਹਾਂ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ‘ਚ ਸ਼ਮੂਲੀਅਤ ਵਾਲੇ ਕਈ ਵਿਅਕਤੀਆਂ ਦੀ ਸੂਚੀ ਸਾਂਝੀ ਕੀਤੀ ਜਿਨ੍ਹਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਜ਼ੋਰ ਦਿੰਦਿਆਂ ਕਿਹਾ ਕਿ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ਸ਼ਮੂਲੀਅਤ ਵਾਲੇ ਮੰਤਰੀਆਂ ਦੇ ਸਮੂਹ ਵੱਲੋਂ ਸ਼ਰਾਬ ਦੇ ਗੈਰ-ਕਾਨੂੰਨੀ ਵਪਾਰ ਖਿਲਾਫ ਹੋਰ ਸਿਕੰਜਾ ਕਸਣ ਅਤੇ ਉਤਪਾਦਕਾਂ, ਥੋਕ ਵਿਕਰੇਤਾਵਾਂ ਅਤੇ ਪ੍ਰਚੂਨ ਵਿਕਰੇਤਾਵਾਂ ਵਿਚਲੇ ਗੱਠਜੋੜ ਨੂੰ ਤੋੜਨ ਲਈ ਵੱਖ-ਵੱਖ ਪਹਿਲੂਆਂ ‘ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਸਮੂਹ ਵੱਲੋਂ ਜਲਦੀ ਹੀ ਆਪਣੀ ਰਿਪੋਰਟ ਸੌਂਪੀ ਜਾਵੇਗੀ।
ਕੌਵਿਡ-19 ਕਰਕੇ ਆਰਥਿਕ ਮੰਦੀ ਦੇ ਦਰਮਿਆਨ ਮੌਂਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਵਾਲੀ ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ ਸੂਬੇ ਦੀ ਆਰਥਿਕਤਾ ਨੂੰ ਮੁੜ ਪੈਰਾਂ ਸਿਰ ਕਰਨ ਦੇ ਮਸਲੇ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਆਹਲੂਵਾਲੀਆ ਵੱਲੋਂ ਆਪਣੀ ਮੁੱਢਲੀ ਰਿਪੋਰਟ ਸੌਂਪੀ ਜਾ ਚੁੱਕੀ ਹੈ ਅਤੇ ਅੰਤਿਮ ਰਿਪੋਰਟ ਆਹਲੂਵਾਲੀਆ ਵੱਲੋਂ ਬਣਾਏ ਛੇ ਮਾਹਿਰ ਗਰੁੱਪਾਂ ਦੀਆਂ ਸਿਫਾਰਸ਼ਾਂ ਦਾ ਅਧਿਐਨ ਕਰਨ ਉਪਰੰਤ ਢੁੱਕਵੇਂ ਸਮੇਂ ‘ਤੇ ਸੌਂਪੀ ਜਾਵੇਗੀ।