ਪ੍ਰਮੁੱਖ ਸਕੱਤਰ, ਵਿੱਤ ਵਿਭਾਗ, ਪੰਜਾਬ ਸ੍ਰੀ ਅਨਿਰੁਧ ਤਿਵਾੜੀ ਨੇ ਉਮੀਦ ਪ੍ਰਗਟਾਈ ਕਿ ਐਸ.ਏ.ਐਸ. ਨਗਰ, ਜੋ ਪਿਛਲੇ ਸਾਲ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਰੁਝਾਨ ਨੂੰ ਰੋਕਣ ਵਿੱਚ ਰਾਜ ਦਾ ਤੀਜਾ ਸਰਵਓਤਮ ਜ਼ਿਲ੍ਹਾ ਸੀ, ਜੋ ਕਿ ਨੇੜ ਭਵਿੱਖ ਵਿੱਚ ਪਹਿਲਾ ਸਥਾਨ ਹਾਸਲ ਕਰ ਸਕਦਾ ਹੈ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਵੱਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਤਿਵਾੜੀ ਨੇ ਅਧਿਕਾਰੀਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਕਾਰਵਾਈਆਂ ਉਤੇ ਤੇਜ਼ੀ ਨਾਲ ਲਗਾਮ ਲਗਾਉਣ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਲੋਕਾਂ ਨੂੰ ਖਾਸ ਕਰਕੇ ਕਿਸਾਨਾਂ ਨੂੰ ਪਿੰਡਾਂ ਵਿੱਚ ਝੋਨੇ ਦੀ ਪਰਾਲੀ ਸਾੜਨ ਕਾਰਨ ਵਾਤਾਵਰਣ ਉਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਕੇ ਸਵੱਛ ਵਾਤਾਵਰਣ ਯਕੀਨੀ ਬਣਾਉਣ ਲਈ ਵੀ ਕਿਹਾ ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਿਆਲਨ ਨੇ ਦੱਸਿਆ ਕਿ ਝੋਨੇ ਦੀ ਬਿਜਾਈ ਅਧੀਨ ਕੁੱਲ ਲਗਭਗ 66000 ਏਕੜ ਰਕਬੇ ਵਿਚੋਂ 50,000 ਏਕੜ ਰਕਬੇ ਵਿਚ ਫਸਲਾਂ ਦੀ ਰਹਿੰਦ ਖੂੰਹਦ ਦਾ ਪ੍ਰਬੰਧਨ ਕੀਤਾ ਜਾ ਰਿਹਾ ਹੈ ਅਤੇ ਬਾਕੀ 16000 ਏਕੜ ਵਿੱਚੋਂ ਹੋ ਰਹੀ ਫਸਲਾਂ ਦੀ ਰਹਿੰਦ-ਖੂੰਹਦ ਲੱਗਭਗ 35000 ਮੀਟਰਕ ਟਨ ਪੈਦਾਵਾਰ ਨੂੰ ਪ੍ਰਬੰਧਿਤ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੀ ਪਰਾਲੀ ਨੂੰ ਜੈਵਿਕ ਖੇਤਾਂ, ਗਊਸ਼ਾਲਾਵਾਂ, ਗੱਤੇ ਦੀਆਂ ਫੈਕਟਰੀਆਂ ਆਦਿ ਵਿੱਚ ਵਰਤੋਂ ਕਰਨ ਦੀ ਯੋਜਨਾ ਬਣਾ ਰਿਹਾ ਹੈ।

ਪ੍ਰਮੁੱਖ ਸਕੱਤਰ ਵਿੱਤ ਸ੍ਰੀ ਤਿਵਾੜੀ ਨੇ ਸੁਝਾਅ ਦਿੱਤਾ ਕਿ ਕਿਸਾਨਾਂ ਨੂੰ ਸਬਸਿਡੀ ਅਧੀਨ ਮੁਹੱਈਆ ਕਰਵਾਈ ਜਾ ਰਹੀ ਮਸ਼ੀਨਰੀ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਇਸ ਮੰਤਵ ਲਈ ਇੱਕ ਡਿਜੀਟਲ ਨਿਗਰਾਨੀ ਵਿਧੀ ਤਿਆਰ ਕੀਤੀ ਜਾਵੇ। ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਪਿੰਡ ਪੱਧਰ ਦੀਆਂ ਟੀਮਾਂ ਵੱਲੋਂ ਸਖਤੀ ਨਾਲ ਨਿਗਰਾਨੀ ਰੱਖੀ ਜਾਵੇਗੀ ਤਾਂ ਜੋ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ।

ਪ੍ਰਮੁੱਖ ਸਕੱਤਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਸਮਾਜਿਕ ਸੰਗਠਨਾਂ, ਐਨ.ਜੀ.ਓਜ਼, ਧਾਰਮਿਕ ਅਤੇ ਚੈਰੀਟੇਬਲ, ਸਮਾਜ ਸੇਵੀਆਂ, ਅਗਾਂਹਵਧੂ ਕਿਸਾਨਾਂ ਨੂੰ ਜ਼ੀਰੋ ਸਟਬਲ ਬਰਨਿੰਗ ਲਈ ਪਿੰਡਾਂ ਨੂੰ ਅਪਣਾਉਣ ਅਤੇ ਮੁੱਖ ਮੰਤਰੀ, ਪੰਜਾਬ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਰਾਲੀ ਨਾ ਸਾੜਨ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ।

ਮੀਟਿੰਗ ਦੌਰਾਨ ਲੰਬੇ ਸਮੇਂ ਵਿਚ ਝੋਨੇ ਦੀ ਕਾਸ਼ਤ ਅਧੀਨ ਕੁੱਲ ਰਕਬਾ ਜੋ ਪਿਛਲੇ ਸਾਲ ਨਾਲੋਂ ਪਹਿਲਾਂ ਹੀ ਹੇਠਾਂ ਆ ਗਿਆ ਹੈ, ਨੂੰ ਹੋਰ ਘਟਾਉਣ ਦੀ ਜ਼ਰੂਰਤ ਉਤੇ ਜ਼ੋਰ ਦਿੱਤਾ ਗਿਆ। ਇਸ ਸਬੰਧ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਅਤੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਕੱਢਣ ਲਈ ਯਤਨ ਕਰਨ ਦਾ ਫੈਸਲਾ ਲਿਆ ਗਿਆ।

ਇਸ ਤੋਂ ਇਲਾਵਾ ਸ੍ਰੀ ਅਨਿਰੁਧ ਤਿਵਾੜੀ ਨੇ ਸਨੇਟਾ ਪਿੰਡ ਦੀ ਬਹੁ ਮੰਤਵੀ ਸਹਿਕਾਰੀ ਸਭਾ ਦਾ ਦੌਰਾ ਕੀਤਾ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨਾਲ ਸਬੰਧਤ ਪ੍ਰਬੰਧਨ ਮਸ਼ੀਨਰੀ ਜਿਵੇਂ ਕਿ ਰੋਟਾਵੇਟਰ, ਹੈਪੀ ਸੀਡਰ ਆਦਿ ਮਸ਼ੀਨਰੀ ਦਾ ਮੁਆਇਨਾ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਨਾਲ ਲੈਸ ਕੰਬਾਈਨ ਦੀ ਵਰਤੋਂ ਕਰ ਕੇ ਝੋਨੇ ਦੀ ਕਟਾਈ ਕਰਨ ਮਗਰੋਂ ਰੋਟਾਵੇਟਰ ਅਤੇ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ।

ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਪ੍ਰਮੁੱਖ ਸਕੱਤਰ ਨੂੰ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀ ਮੁਹਿੰਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣੂ ਕਰਾਇਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮੌਜੂਦਾ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ 56 ਸਾਈਟਾਂ ਦਾ ਪਤਾ ਲਗਾਇਆ ਗਿਆ ਹੈ। ਸਾਰੀਆਂ ਘਟਨਾਵਾਂ ਦੀ ਜਾਂਚ ਫੀਲਡ ਟੀਮਾਂ ਵੱਲੋਂ ਕੀਤੀ ਜਾਏਗੀ ਅਤੇ ਜਿਥੇ ਵੀ ਨਿਰਦੇਸ਼ਾਂ ਦੀ ਉਲੰਘਣਾ ਪਾਈ ਗਈ, ਉਥੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਹ ਫੈਸਲਾ ਵੀ ਲਿਆ ਗਿਆ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਦੀਆਂ ਜ਼ਮੀਨੀ ਗਿਰਦਾਵਰੀ ਵਿਚ ਲਾਲ ਇੰਦਰਾਜ ਕੀਤਾ ਜਾਵੇਗਾ।

ਸ੍ਰੀ ਦਿਆਲਨ ਨੇ ਪ੍ਰਬੰਧਾਂ ਦਾ ਵੇਰਵਾ ਦਿੰਦਿਆਂ ਕਿਹਾ ਕਿ ਜਿੱਥੇ ਝੋਨੇ ਦੀ ਰਹਿੰਦ-ਖੂੰਹਦ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਰੈਲੀਆਂ ਅਤੇ ਹੋਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ, ਉਥੇ ਦੂਜੇ ਪਾਸੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੋਂ ਲਿਖਤੀ ਇਕਰਾਰ ਵੀ ਲਏ ਗਏ ਹਨ ਕਿ ਉਹ ਆਪਣੀ ਮਾਲਕੀ ਵਾਲੀ ਜ਼ਮੀਨ ਉਤੇ ਪਰਾਲੀ ਨਹੀਂ ਸਾੜਨਗੇ ਅਤੇ ਹੋਰਾਂ ਨੂੰ ਵੀ ਅਜਿਹਾ ਕਰਨ ਤੋਂ ਵਰਜਣਗੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ, ਐਸ. ਡੀ. ਐਮ. ਖਰੜ ਸ੍ਰੀ ਹਿਮਾਂਸ਼ੂ ਜੈਨ, ਐਸ. ਡੀ. ਐਮ. ਡੇਰਾਬੱਸੀ ਸ੍ਰੀਮਤੀ ਪੂਜਾ ਗਰੇਵਾਲ, ਐਸ. ਡੀ.ਐਮ. ਮੁਹਾਲੀ ਸ੍ਰੀ ਜਗਦੀਪ ਸਹਿਗਲ, ਸਹਾਇਕ ਕਮਿਸ਼ਨਰ ਸ੍ਰੀ ਯਸ਼ਪਾਲ ਸ਼ਰਮਾ, ਮੁੱਖ ਖੇਤੀਬਾੜੀ ਅਫਸਰ ਸ੍ਰੀ ਹਰਪਾਲ ਸਿੰਘ, ਖੇਤੀਬਾੜੀ ਵਿਕਾਸ ਅਫਸਰ ਸ੍ਰੀ ਗੁਰਦਿਆਲ ਕੁਮਾਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।