ਨੰਨ੍ਹੇ ਮੁੰਨੇ ਬੱਚਿਆਂ, ਮਾਪਿਆਂ ਅਤੇ ਪਤਵੰਤਿਆਂ ਨੇ ਉਤਸਾਹ ਨਾਲ ਲਿਆ ਭਾਗ
ਜ਼ਿਲ੍ਹਾ ਸਿੱਖਿਆ ਅਫ਼ਸਰ (ਐ:ਸਿੱ:) ਡਾ: ਬਲਜਿੰਦਰ ਸਿੰਘ ਨੇ ਸਕੂਲਾਂ ਦਾ ਦੌਰਾ ਕਰਦਿਆਂ ਬਾਲ ਮੇਲਿਆਂ ਵਿੱਚ ਹਾਜ਼ਰੀ ਲਵਾਈ
ਐੱਸ.ਏ.ਐੱਸ.ਨਗਰ,17 ਨਵੰਬਰ (ਮਾਰਸ਼ਲ ਨਿਊਜ)ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਅਜੋਏ ਸ਼ਰਮਾ ਦੀ ਅਗਵਾਈ ਹੇਠ ਪ੍ਰਾਇਮਰੀ ਸਕੂਲਾਂ ‘ਚ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਨੰਨ੍ਹੇ ਮੁੰਨੇ ਬਾਲਾਂ ਲਈ ਅੱਜ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬਾਲ ਮੇਲਿਆਂ ਦਾ ਆਯੋਜਨ ਕੀਤਾ ਗਿਆ। ਬਾਲ ਮੇਲੇ ਨਾਲ ਹੀ ਅੱਜ ਤੋਂ ਵਿੱਦਿਅਕ ਸੈਸ਼ਨ 2022-23 ਦੇ ਦਾਖਲਿਆਂ ਦੀ ਸ਼ੁਰੂਆਤ ਵੀ ਕਰ ਦਿੱਤੀ ਗਈ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ (ਐ:ਸਿੱ) ਡਾ: ਬਲਜਿੰਦਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ:ਸਿੱ) ਸੁਰਜੀਤ ਕੌਰ ਦੀ ਦੇਖਰੇਖ ਹੇਠ ਅੱਜ ਜ਼ਿਲ੍ਹੇ ਦੇ ਸਮੂਹ ਪ੍ਰਾਇਮਰੀ ਸਕੂਲਾਂ ਵਿੱਚ ਬਾਲ ਮੇਲੇ ਕਰਵਾਏ ਗਏ। ਇਨ੍ਹਾਂ ਬਾਲ ਮੇਲਿਆਂ ਦੌਰਾਨ ਵਿਦਿਆਰਥੀਆਂ ਦੀਆਂ ਵੱਖ ਵੱਖ ਗਤੀਵਿਧੀਆਂ ਕਾਰਵਾਈਆਂ ਗਈਆਂ। ਸਕੂਲਾਂ ਵਿੰਚ ਕਰਵਾਏ ਗਏ ਬਾਲ ਮੇਲਿਆਂ ਵਿੱਚ ਨੰਨ੍ਹੇ ਮੁੰਨੇ ਬੱਚਿਆਂ ਤੋਂ ਇਲਾਵਾ ਬੱਚਿਆਂ ਦੇ ਮਾਪਿਆਂ,ਪੰਚਾਇਤ ਮੈਂਬਰਾਂ ਅਤੇ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਜ਼ਿਲ੍ਹਾ ਅਤੇ ਬਲਾਕ ਸਿੱਖਿਆ ਅਧਿਕਾਰੀਆਂ ਵੱਲੋਂ ਵੀ ਸਕੂਲਾਂ ਦੇ ਦੌਰੇ ਕਰਕੇ ਅਧਿਆਪਕਾਂ, ਬੱਚਿਆਂ ਅਤੇ ਮਾਪਿਆਂ ਦੀ ਹੌਂਸਲਾ ਅਫਜਾਈ ਕੀਤੀ ਗਈ। ਬਾਲ ਮੇਲਿਆਂ ਵਿੱਚ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਟੀਮ ਅਤੇ ‘ਪ੍ਰਥਮ’ ਟੀਮ ਵੱਲੋਂ ਵੀ ਆਪਣਾ ਪੂਰਾ ਸਹਿਯੋਗ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ (ਐ:ਸਿੱ) ਡਾ: ਬਲਜਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਨਵੇਂ ਵਿੱਦਿਅਕ ਸੈਸ਼ਨ ਲਈ ਦਾਖਲਿਆਂ ਦੀ ਰਸਮੀਂ ਸ਼ੁਰੂਆਤ ਕਰਨ ਦੇ ਨਾਲ ਹੀ ਵਿਦਿਆਥੀਆਂ ਦੀਆਂ ਵੱਖ ਵੱਖ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਸਕੂਲਾਂ ਵੱਲੋਂ ਅੱਜ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬਾਲ ਮੇਲੇ ਲਗਾ ਕੇ ਮਾਪਿਆਂ ਨੂੰ ਬੱਚਿਆਂ ਦੀ ਬਹੁਪੱਖੀ ਪ੍ਰਤਿਭਾ ਤੋਂ ਜਾਣੂ ਕਰਵਾਇਆ ਗਿਆ। ਹਰ ਸਕੂਲ ਵੱਲੋਂ ਪੰਜ ਪੰਜ ਸਟਾਲਾਂ ਲਗਾ ਕੇ ਵਿਦਿਆਰਥੀਆਂ ਦੇ ਸਰੀਰਕ, ਭਾਸ਼ਾਈ, ਬੌਧਿਕ ਅਤੇ ਰਚਨਾਤਮਕ ਵਿਕਾਸ ਦਾ ਪ੍ਰਦਰਸ਼ਨ ਕਰਨ ਦੇ ਨਾਲ ਨਾਲ ਵਿਦਿਆਰਥੀਆਂ ਦੇ ਰਿਪੋਰਟ ਕਾਰਡ ਮਾਪਿਆਂ ਨਾਲ ਸਾਂਝੇ ਕੀਤੇ ਗਏ। ਸਿੱਖਿਆ ਅਧਿਕਾਰੀ ਡਾ: ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ ਅਤੇ ਕਈ ਸਕੂਲਾਂ ਦੀਆਂ ਪੇਸਕਾਰੀਆਂ ਤੋਂ ਖੁਸ਼ ਹੋ ਕੇ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਵੱਲੋਂ ਬੱਚਿਆਂ ਨੂੰ ਨਕਦ ਇਨਾਮ ਵੀ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਬਾਲ ਮੇਲਿਆਂ ਦਾ ਮੁੱਖ ਮਕਸਦ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸੇ ਦੌਰਾਨ ਡਾ: ਬਲਜਿੰਦਰ ਸਿੰਘ ਨੇ ਜ਼ਿਲ੍ਹੇ ਦੇ ਸਕੂਲਾਂ ਵਿੱਚ ਹੋਏ ਇਨ੍ਹਾਂ ਬਾਲ ਮੇਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੀ ਖਿੱਚ ਹੋਰ ਵਧੇਗੀ। ਉਨ੍ਹਾਂ ਜ਼ਿਲ੍ਹੇ ਦੇ ਸਕੂਲਾਂ ਵਿੱਚ ਪਿਛਲੇ ਵਿੱਦਿਅਕ ਸੈਸ਼ਨ ਦੌਰਾਨ ਹੋਏ ਭਾਰੀ ਵਾਧੇ ਲਈ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਸਕੂਲਾਂ ਵਿੱਚ ਮੁਹਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਸਬੰਧੀ ਵੀ ਮਾਪਿਆਂ ਨੂੰ ਜਾਣੂ ਕਰਵਾਇਆ। ਇਸੇ ਦੌਰਾਨ ਉਨ੍ਹਾਂ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦਾ ਦੌਰਾ ਕਰਦਿਆਂ ਬਾਲ ਮੇਲਿਆਂ ਵਿੱਚ ਅੱਵਲ ਰਹਿਣ ਵਾਲੇ ਵਿਦਿਆਥੀਆਂ ਨੂੰ ਸਨਮਾਨਿਤ ਵੀ ਕੀਤਾ।
ਫੋਟੋ: ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਢਕੌਲੀ ਵਿਖੇ ਬੱਚਿਆਂ ਨੂੰ ਇਨਾਮ ਵੰਡਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ (ਐ:ਸਿੱ) ਡਾ: ਬਲਜਿੰਦਰ ਸਿੰਘ।

LEAVE A REPLY

Please enter your comment!
Please enter your name here