ਜ਼ਿਲ੍ਹਾ ਐਸ. ਏ. ਐਸ. ਨਗਰ ਵਿੱਚ ਅਗਲੇ ਸਾਲ ਤੱਕ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਬਿਲਕੁਲ ਖਤਮ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਇਹ ਹਦਾਇਤਾਂ ਪ੍ਰਮੁੱਖ ਸਕੱਤਰ, ਵਿੱਤ ਵਿਭਾਗ ਪੰਜਾਬ ਸ੍ਰੀ ਅਨਿਰੁਧ ਤਿਵਾੜੀ ਨੇ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਵੱਖ-ਵੱਖ ਅਧਿਕਾਰੀਆਂ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤੀਆਂ।

ਸ੍ਰੀ ਤਿਵਾੜੀ ਨੇ ਖੇਤਾਂ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਨੋਟਿਸ ਕੱਢਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪਰਾਲੀ ਸਾੜਨ ਦੇ ਮਾਮਲੇ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਵੱਡੀਆਂ ਰਿਆਇਤਾਂ ਉਤੇ ਆਧੁਨਿਕ ਖੇਤੀ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਲਈ ਕਿਸਾਨਾਂ ਨੂੰ ਸਬਸਿਡੀ ਉਤੇ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦੀ ਮੋਨੀਟਰਿੰਗ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਨਾਲ ਲੈਸ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ਮਗਰੋਂ ਰੋਟਾਵੇਟਰ, ਹੈਪੀ ਸੀਡਰ ਦੀ ਵਰਤੋਂ ਕਰ ਕੇ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਗੱਤਾ ਫੈਕਟਰੀ ਮਾਲਕਾਂ ਨਾਲ ਮਿਲ ਕੇ ਪਰਾਲੀ ਦੇ ਨਿਪਟਾਰੇ ਦਾ ਸੁਚੱਜਾ ਹੱਲ ਕੱਢਿਆ ਜਾਵੇ ਅਤੇ ਡੇਰਾਬੱਸੀ ਵਿਖੇ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਤੇ ਝੋਨੇ ਹੇਠਲਾ ਰਕਬਾ ਘਟਾਉਣ ਲਈ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਨਿਕਲ ਕੇ ਫਸਲੀ ਵੰਨ-ਸੁਵੰਨਤਾ ਅਪਨਾਉਣ ਅਤੇ ਇਸ ਦੇ ਫਾਇਦਿਆਂ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਉਨ੍ਹਾਂ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕਰਨ ਦੇ ਵੀ ਨਿਰਦੇਸ਼ ਦਿੱਤੇ ਜੋ ਪਰਾਲੀ ਨੂੰ ਅੱਗ ਨਾ ਲਾ ਕੇ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾ ਰਹੇ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਪ੍ਰਮੁੱਖ ਸਕੱਤਰ ਸ੍ਰੀ ਅਨਿਰੁਧ ਤਿਵਾੜੀ ਨੂੰ ਜ਼ਿਲ੍ਹੇ ਵਿੱਚ ਪਰਾਲੀ ਨਾ ਸਾੜਨ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਅਧਿਕਾਰੀਆਂ ਦੀ ਟੀਮ ਗਠਿਤ ਕੀਤੀ ਗਈ ਅਤੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ 7 ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਵਾਲੀਆਂ 56 ਸਾਈਟਾਂ ਸਾਹਮਣੇ ਆਈਆਂ ਹਨ, ਜਿਸ ‘ਤੇ ਸਬੰਧਤ ਕਿਸਾਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਸ੍ਰੀ ਤਿਵਾੜੀ ਨੇ ਪਰਾਲੀ ਸਾੜਨ ਦੇ ਮਾਮਲਿਆਂ ਦੀ ਤੁਰੰਤ ਪੜਤਾਲ ਕਰਵਾ ਕੇ ਬਣਦੇ ਜੁਰਮਾਨੇ ਕਰਨ ਅਤੇ ਇਸ ਮਾੜੇ ਰੁਝਾਨ ਵਿੱਚ ਸ਼ਾਮਿਲ ਕਿਸਾਨਾਂ ਦੇ ਨਾਂ ਗਿਰਦਾਵਰੀ ਵਿੱਚ `ਰੈੱਡ ਐਂਟਰੀ’ ਕਰਨ ਦੇ ਨਿਰਦੇਸ਼ ਵੀ ਦਿੱਤੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਥੇ ਰੈਲੀਆਂ ਅਤੇ ਹੋਰ ਸਮਾਗਮਾਂ ਰਾਹੀਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਸਰਕਾਰੀ ਅਧਿਕਾਰੀਆਂ/ ਕਰਮਚਾਰੀਆਂ ਤੋਂ ਲਿਖਤੀ ਇਕਰਾਰ ਲਿਆ ਗਿਆ ਹੈ ਕਿ ਉਹ ਆਪਣੀ ਮਾਲਕੀ ਵਾਲੀ ਜ਼ਮੀਨ ‘ਤੇ ਝੋਨੇ ਦੀ ਪਰਾਲੀ ਅਤੇ ਹੋਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਣਗੇ ਅਤੇ ਦੂਜਿਆਂ ਨੂੰ ਵੀ ਅਜਿਹਾ ਕਰਨ ਤੋਂ ਵਰਜਣਗੇ।

ਮੀਟਿੰਗ ਵਿੱਚ ਹਾਜ਼ਰ ਪੇਡਾ ਦੇ ਸੀ. ਈ. ਓ. ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲਈ ਬਾਇਓਮਾਸ ਬ੍ਰਿਕਟਿੰਗ ਮਸ਼ੀਨਾਂ ਰਾਹੀਂ ਪਰਾਲੀ ਤੋਂ ਬ੍ਰਿਕਟਸ ਬਣਾਉਣ ਦਾ ਸੁਝਾਅ ਦਿੱਤਾ ਅਤੇ ਦੱਸਿਆ ਕਿ ਇਨ੍ਹਾਂ ਬ੍ਰਿਕਟਸ ਨੂੰ ਬਾਲਣ ਦੇ ਤੌਰ ‘ਤੇ ਵਰਤਿਆ ਜਾ ਸਕਦਾ ਹੈ।

ਇਸ ਮਗਰੋਂ ਪ੍ਰਮੁੱਖ ਸਕੱਤਰ ਸ੍ਰੀ ਅਨਿਰੁਧ ਤਿਵਾੜੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਹੋਰ ਅਧਿਕਾਰੀਆਂ ਨੂੰ ਨਾਲ ਲੈ ਕੇ ਪਿੰਡ ਸਨੇਟਾ ਵਿਖੇ ਸਨੇਟਾ ਬਹੁ ਮੰਤਵੀ ਸਹਿਕਾਰੀ ਸਭਾ ਦਾ ਦੌਰਾ ਕੀਤਾ ਅਤੇ ਸਭਾ ਵੱਲੋਂ ਕਿਸਾਨਾਂ ਨੂੰ ਕਿਰਾਏ ‘ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਦਾ ਮੁਆਇਆ ਕੀਤਾ। ਇਸ ਮੌਕੇ ਉਨ੍ਹਾਂ ਮਸ਼ੀਨਰੀ ਸਬੰਧੀ ਸਭਾ ਦਾ ਰਿਕਾਰਡ ਵੀ ਘੋਖਿਆ ਅਤੇ ਰਿਕਾਰਡ ਨੂੰ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ, ਐਸ. ਡੀ. ਐਮ. ਖਰੜ ਸ੍ਰੀ ਹਿਮਾਸ਼ੂ ਜੈਨ, ਐਸ. ਡੀ. ਐਮ. ਡੇਰਾਬੱਸੀ ਸ੍ਰੀਮਤੀ ਪੂਜਾ ਗਰੇਵਾਲ, ਐਸ. ਡੀ. ਐਮ. ਮੁਹਾਲੀ ਸ੍ਰੀ ਜਗਦੀਪ ਸਹਿਗਲ, ਸਹਾਇਕ ਕਮਿਸ਼ਨਰ ਸ੍ਰੀ ਯਸ਼ਪਾਲ ਸ਼ਰਮਾ, ਜ਼ਿਲ੍ਹਾ ਮਾਲ ਅਫਸਰ, ਜੀ. ਐਸ. ਬੈਨੀਪਾਲ, ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਅਵਤੇਸ਼ ਸਿੰਘ ਸੰਧੂ, ਮੁੱਖ ਖੇਤੀਬਾੜੀ ਅਫਸਰ ਸ੍ਰੀ ਹਰਪਾਲ ਸਿੰਘ, ਡੀ. ਐਸ. ਪੀ. ਸ੍ਰੀ ਜੇ. ਪੀ. ਸਿੰਘ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਸ੍ਰੀ ਐਚ. ਐਸ. ਪਨੂੰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਨਿਰਮਲ ਸਿੰਘ, ਸੈਕਸ਼ਨ ਅਫਸਰ ਟਰਾਂਸਪੋਰਟ ਸ੍ਰੀ ਪਰਮਜੀਤ ਸਿੰਘ ਧਨੌਆ, ਉਪ ਮੁੱਖ ਕਾਰਜਕਾਰੀ ਅਫਸਰ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਰਵਿੰਦਰ ਸਿੰਘ ਸੰਧੂ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀਮਤੀ ਰੁਪਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਰਵਿੰਦਰ ਕੌਰ, ਬਾਗਬਾਨੀ ਵਿਕਾਸ ਅਫਸਰ ਸ੍ਰੀ ਤਰਲੋਚਨ ਸਿੰਘ, ਖੇਤੀਬਾੜੀ ਵਿਕਾਸ ਅਫਸਰ ਸ੍ਰੀ ਗੁਰਦਿਆਲ ਕੁਮਾਰ ਅਤੇ ਜ਼ਿਲ੍ਹਾ ਖੇਡ ਅਫਸਰ ਸ੍ਰੀ ਸੁਰਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਕੈਪਸ਼ਨ :1) ਪ੍ਰਮੁੱਖ ਸਕੱਤਰ, ਵਿੱਤ ਵਿਭਾਗ ਪੰਜਾਬ ਸ੍ਰੀ ਅਨਿਰੁਧ ਤਿਵਾੜੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਵੀ ਨਜ਼ਰ ਆ ਰਹੇ ਹਨ।

2) ਪ੍ਰਮੁੱਖ ਸਕੱਤਰ, ਵਿੱਤ ਵਿਭਾਗ ਪੰਜਾਬ ਸ੍ਰੀ ਅਨਿਰੁਧ ਤਿਵਾੜੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਬਹੁ ਮੰਤਵੀ ਸਹਿਕਾਰੀ ਸਭਾ ਸਨੇਟਾ ਵਿਖੇ ਕਿਸਾਨਾਂ ਨੂੰ ਕਿਰਾਏ ‘ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਦਾ ਮੁਆਇਆ ਕਰਦੇ ਹੋਏ।

3) ਪ੍ਰਮੁੱਖ ਸਕੱਤਰ, ਵਿੱਤ ਵਿਭਾਗ ਪੰਜਾਬ ਸ੍ਰੀ ਅਨਿਰੁਧ ਤਿਵਾੜੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਬਹੁ ਮੰਤਵੀ ਸਹਿਕਾਰੀ ਸਭਾ ਸਨੇਟਾ ਵਿਖੇ ਸਭਾ ਦਾ ਰਿਕਾਰਡ ਚੈਕ ਕਰਦੇ ਹੋਏ।